ਤਰਨ ਤਾਰਨ: ਆਮ ਆਦਮੀ ਪਾਰਟੀ ਦੀ ਅੱਜ ਇਥੇ ਕੀਤੀ ਇਕ ਮੀਟਿੰਗ ਵਿਚ ਚੰਡੀਗੜ੍ਹ ਵਿਚ ਬਿਜਲੀ ਦੀਆਂ ਦਰਾਂ ਵਿਚ ਕਟੌਤੀ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਜਾ ਰਹੇ ਵਾਲੰਟੀਅਰਾਂ ’ਤੇ ਲਾਠੀਚਾਰਜ ਕਰਨ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ| ਇਸ ਮੌਕੇ ਪਾਰਟੀ ਦੇ ਬੁੱਧੀਜੀਵੀ ਵਿੰਗ ਦੇ ਸੂਬਾ ਪ੍ਰਧਾਨ ਡਾ. ਕਸ਼ਮੀਰ ਸਿੰਘ ਸੋਹਲ ਨੇ ਸੰਬੋਧਨ ਕਰਦਿਆਂ ਦੋਸ਼ ਲਗਾਇਆ ਕਿ ਪੁਲੀਸ ਵੱਲੋਂ ਬਿਨਾਂ ਕਿਸੇ ਭੜਕਾਹਟ ਦੇ ਰਸਤੇ ਵਿੱਚ ਰੋਕ ਕੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਅਤੇ ਲਾਠੀਚਾਰਜ ਕੀਤਾ ਗਿਆ|
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਾਈਵੇਟ ਬਿਜਲੀ ਮਾਫ਼ੀਆ ਨਾਲ ਰਲ ਕੇ ਪੰਜਾਬ ਵਿੱਚ ਬਿਜਲੀ ਖਪਤਕਾਰਾਂ ਦੀ ਲੁੱਟ ਕਰ ਰਹੀ ਹੈ। ਉਨ੍ਹਾਂ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਘਾਟੇਵੰਦ ਸਮਝੌਤੇ ਤੁਰੰਤ ਰੱਦ ਕੀਤੇ ਜਾਣ ਅਤੇ ਪਾਰਟੀ ਆਗੂਆਂ ਵਿਰੁੱਧ ਦਰਜ ਕੀਤੇ ਕੇਸ ਰੱਦ ਕੀਤੇ ਜਾਣ ਦੀ ਮੰਗ ਕੀਤੀ| ਇਸ ਮੌਕੇ ਗੁਰਮੀਤ ਸਿੰਘ, ਬਲਦੇਵ ਸਿੰਘ, ਪਰਮਜੀਤ ਸਿੰਘ ਪੰਜਵੜ, ਗੁਰਮੇਜ ਸਿੰਘ ਗੱਗੋਬੂਹਾ ਨੇ ਵੀ ਸੰਬੋਧਨ ਕੀਤਾ|