
ਪਟਿਆਲਾ: ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਕੇਰਲ ਸਰਕਾਰ ਦੀ ਤਰਜ਼ ’ਤੇ ਪੰਜਾਬ ਵਿਧਾਨ ਸਭਾ ਵਿਚ ਸੀਏਏ, ਐਨਆਰਸੀ ਤੇ ਐਨਪੀਆਰ ਵਿਰੁੱਧ ਮਤਾ ਪਾਸ ਕਰਨ। ਡਾ. ਗਾਂਧੀ ਨੇ ਇਸ ਸਬੰਧੀ ਇਕ ਚਿੱਠੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਹੈ। ਡਾ. ਗਾਂਧੀ ਨੇ ਕਿਹਾ ਕਿ ਭਾਰਤ ਵਿੱਚ ਭਾਜਪਾ ਦੀ ਸਰਕਾਰ ਗੈਰ ਸੰਵਿਧਾਨਕ ਕੰਮ ਕਰ ਰਹੀ ਹੈ, ਜੋ ਬਿਲਕੁਲ ਹੀ ਬਰਦਾਸ਼ਤ ਯੋਗ ਨਹੀਂ ਹੈ। ਸੀਏਏ, ਐਨਆਰਸੀ ਤੇ ਐਨਪੀਆਰ ਵੀ ਅਜਿਹੀਆਂ ਸੰਵਿਧਾਨ ਵਿਰੋਧੀ ਕਾਰਵਾਈਆਂ ਹਨ ਜੋ ਪ੍ਰੇਸ਼ਾਨ ਕਰ ਰਹੀਆਂ ਹਨ। ਕੇਰਲ ਸਰਕਾਰ ਨੇ ਇਸ ਦੇ ਵਿਰੋਧ ਵਿਚ ਵਿਧਾਨ ਸਭਾ ਵਿਚ ਮਤਾ ਪਾਸ ਕਰ ਕੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਭਾਰਤ ਵਿਚ ਕਦੇ ਵੀ ਗੈਰ ਸੰਵਿਧਾਨਕ ਕਾਰਵਾਈਆਂ ਨਹੀਂ ਕੀਤੀਆਂ ਜਾ ਸਕਦੀਆਂ। ਇਸ ਲਈ ਪੰਜਾਬ ਵਿਚਲੀ ਕਾਂਗਰਸ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਵੀ ਸੀਏਏ, ਐਨਆਰਸੀ ਤੇ ਐਨਪੀਆਰ ਵਿਰੁੱਧ ਆਪਣਾ ਸਟੈਂਡ ਸਪਸ਼ਟ ਕਰੇ।